ਨਵੀਂ ਦਿੱਲੀ , 27 ਮਈ 2023 (ਦਵਿੰਦਰ ਸਿੰਘ): ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ (Wrestlers) ਦੇ ਸਮਰਥਨ ‘ਚ ਖਾਪ ਪੰਚਾਇਤਾਂ ਵੱਲੋਂ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਿਲਾ ਪੰਚਾਇਤ ਦੇ ਸੱਦੇ ਤੋਂ ਬਾਅਦ ਦਿੱਲੀ (Delhi) ਪੁਲਿਸ ਨੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਜਾਂ ਇਕੱਠ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਦਿੱਲੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨਗੇ।
ਦਿੱਲੀ ਪੁਲਿਸ ਮੁਤਾਬਕ ਮਹਿਲਾ ਪੰਚਾਇਤ ਨੂੰ ਅਜੇ ਤੱਕ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ 28 ਮਈ ਨੂੰ ਖਾਪ ਪੰਚਾਇਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਪ੍ਰਧਾਨ ਮੰਤਰੀ ਮੋਦੀ ਉਸੇ ਦਿਨ ਨਵੀਂ ਸੰਸਦ ਭਵਨ ਦਾ ਉਦਘਾਟਨ ਕਰਨਗੇ। ਦਿੱਲੀ ਪੁਲਿਸ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਕਿਸੇ ਤਰ੍ਹਾਂ ਦੀ ਗੜਬੜ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 28 ਮਈ ਨੂੰ ਜੰਤਰ-ਮੰਤਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਸੜਕਾਂ ਜੋ ਸੰਸਦ ਵੱਲ ਜਾਂਦੀਆਂ ਹਨ, ਬੰਦ ਕਰ ਦਿੱਤੀਆਂ ਜਾਣਗੀਆਂ।
ਪੁਲਿਸ ਅਧਿਕਾਰੀਆਂ ਅਨੁਸਾਰ 28 ਮਈ ਨੂੰ ਸਾਰੇ ਸੰਵੇਦਨਸ਼ੀਲ ਇਲਾਕਿਆਂ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ। ਨਵੀਂ ਦਿੱਲੀ (Delhi) ਵਿੱਚ ਕੁੱਲ ਮਿਲਾ ਕੇ 20 ਤੋਂ ਵੱਧ ਪੁਲਿਸ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ 10 ਤੋਂ ਵੱਧ ਮਹਿਲਾ ਕੰਪਨੀਆਂ ਸ਼ਾਮਲ ਹੋਣਗੀਆਂ। ਸੂਤਰਾਂ ਨੇ ਦੱਸਿਆ ਕਿ ਸੰਸਦ ਨੇੜੇ ਮੈਟਰੋ ਸਟੇਸ਼ਨ 28 ਮਈ ਨੂੰ ਬੰਦ ਰਹਿਣਗੇ। ਦਿੱਲੀ ਮੈਟਰੋ ਨੂੰ ਪੱਤਰ ਭੇਜ ਕੇ ਦੋ ਮੈਟਰੋ ਸਟੇਸ਼ਨਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਯੂਪੀ ਅਤੇ ਹਰਿਆਣਾ ਦੇ ਕਿਸਾਨ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ।