ਚੰਡੀਗੜ੍ਹ, 28 ਅਪ੍ਰੈਲ 2023: ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ (Wrestlers Protest) ਨੂੰ ਲੈ ਕੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦਰਅਸਲ ਦਿੱਲੀ ਪੁਲਿਸ ਨੇ ਕਿਹਾ ਹੈ ਕਿ ਉਹ ਅੱਜ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰੇਗੀ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਵਿੱਚ ਦਿੱਤੀ ਹੈ। ਮਹਿਲਾ ਪਹਿਲਵਾਨ ਬ੍ਰਿਜ ਭੂਸ਼ਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕਰ ਰਹੀ ਹੈ ਅਤੇ ਇਸ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਜਾ ਚੁੱਕੀ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਪੁਲਿਸ ਅੱਜ ਐਫਆਈਆਰ ਦਰਜ ਕਰੇਗੀ।
ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਪਹਿਲਵਾਨਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ। ਪਹਿਲਵਾਨਾਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਅੱਜ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰੇਗੀ।
ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ, ਬਜਰੰਗ ਪੂਨੀਆ, ਵਿਨੇਸ਼ ਫੋਗਾਟ ਸਮੇਤ ਕਈ ਪਹਿਲਵਾਨ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਨੇ ਇਲਜ਼ਾਮ ਲਾਇਆ ਕਿ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ, ਇਸਦੇ ਨਾਲ ਹੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ‘ਤੇ ਤਾਨਾਸ਼ਾਹੀ ਚਲਾਉਣ ਦੇ ਵੀ ਦੋਸ਼ ਲੱਗੇ ਹਨ।