ਚੰਡੀਗੜ੍ਹ, 04 ਮਈ 2023: (Wrestlers Protest) ਆਪਣੀਆਂ ਮੰਗਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਵਾਲੇ ਪਹਿਲਵਾਨਾਂ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਤੁਹਾਡੀ ਪਟੀਸ਼ਨ ਦਾ ਮਕਸਦ ਪੂਰਾ ਹੋ ਗਿਆ ਹੈ ਅਤੇ ਹੁਣ ਤੁਹਾਨੂੰ ਸੁਣਵਾਈ ਲਈ ਹਾਈਕੋਰਟ ਜਾਣਾ ਚਾਹੀਦਾ ਹੈ। ਪਹਿਲਵਾਨਾਂ ਨੇ WFI ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਲਈ ਅਰਜ਼ੀ ਦਿੱਤੀ ਸੀ। ਸੁਪਰੀਮ ਕੋਰਟ ਦੇ ਹੁਕਮ ‘ਤੇ ਭਾਜਪਾ ਸੰਸਦ ਮੈਂਬਰ ਅਤੇ WFI ਮੁਖੀ ਦੇ ਖਿਲਾਫ ਐੱਫ.ਆਈ.ਆਰ. ਦਰਜ ਹੋ ਚੁੱਕੀ ਹੈ |
ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਤੁਹਾਡੀ ਮੰਗ ਪੂਰੀ ਹੋ ਗਈ ਹੈ। ਤੁਹਾਨੂੰ ਇਸ ਸਬੰਧੀ ਅਗਲੀ ਸੁਣਵਾਈ ਲਈ ਹਾਈਕੋਰਟ ਜਾਣਾ ਚਾਹੀਦਾ ਹੈ। ਇਹ ਕਹਿੰਦੇ ਹੋਏ ਸੁਪਰੀਮ ਕੋਰਟ ਨੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਬੰਦ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ, ਜੇਕਰ ਪਟੀਸ਼ਨਰ ਹੋਰ ਕੁਝ ਚਾਹੁੰਦੇ ਹਨ ਤਾਂ ਉਹ ਹਾਈਕੋਰਟ ਜਾ ਸਕਦੇ ਹਨ।
ਪਹਿਲਵਾਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਬ੍ਰਿਜਭੂਸ਼ਣ ਸ਼ਰਨ ਸਿੰਘ ‘ਤੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ ਹੈ। ਉਹ ਆਪਣੀ ਮੰਗ ਨੂੰ ਲੈ ਕੇ ਪਿਛਲੇ 12 ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨੇ (Wrestlers Protest) ‘ਤੇ ਬੈਠੇ ਹਨ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ ਬੁੱਧਵਾਰ ਰਾਤ ਨੂੰ ਪ੍ਰਦਰਸ਼ਨ ਵਾਲੀ ਥਾਂ ‘ਤੇ ਕਥਿਤ ਤੌਰ ‘ਤੇ ਕੁੱਟਮਾਰ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਨ੍ਹਾਂ ਨੇ ਧਰਨੇ ਵਿੱਚ ਵਾਟਰਪਰੂਫ ਟੈਂਟ, ਬਿਸਤਰੇ, ਜਿੰਮ ਦਾ ਸਾਮਾਨ, ਕੁਸ਼ਤੀ ਮੈਟ ਅਤੇ ਸਾਊਂਡ ਸਿਸਟਮ ਲਿਆਉਣ ਦੀ ਇਜਾਜ਼ਤ ਵੀ ਮੰਗੀ ਹੈ।