July 4, 2024 7:08 pm
Sri Kartarpur Sahib

ਸ੍ਰੀ ਕਰਤਾਰਪੁਰ ਸਾਹਿਬ ਲਈ ਯਾਤਰਾ ਸ਼ੁਰੂ, ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਚੰਡੀਗੜ੍ਹ, 25 ਜੁਲਾਈ 2023: ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) (ਪਾਕਿਸਤਾਨ) ਦੀ ਯਾਤਰਾ ਅੱਜ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਤੋਂ ਮੁੜ ਸ਼ੁਰੂ ਹੋ ਗਈ। ਪਿਛਲੇ ਦਿਨੀਂ ਲਾਂਘੇ ਵਿੱਚ ਰਾਵੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਰੋਕ ਦਿੱਤੀ ਗਈ ਸੀ।

ਸੋਮਵਾਰ ਨੂੰ ਗੁਰਦਾਸਪੁਰ ਦੇ ਡੀਸੀ ਨੇ ਸਥਿਤੀ ਦਾ ਜਾਇਜ਼ਾ ਲੈ ਕੇ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ। ਯਾਤਰਾ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੇਠਾਂ ਲਿਆਂਦਾ ਪਰ ਹਿਮਾਚਲ ‘ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਅੱਜ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1655.75 ਫੁੱਟ ਹੈ। ਇਹ ਪਿਛਲੇ ਦਿਨ ਨਾਲੋਂ 1.09 ਫੁੱਟ ਵੱਧ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 57549 ਕਿਊਸਿਕ ਦਰਜ ਕੀਤੀ ਗਈ ਹੈ ਜਦੋਂ ਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 40971 ਕਿਊਸਿਕ ਪਾਣੀ ਛੱਡਿਆ ਗਿਆ। ਭਾਖੜਾ ਤੋਂ ਨੰਗਲ ਡੈਮ ਲਈ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਜਦੋਂ ਕਿ ਸਤਲੁਜ ਦਰਿਆ ਵਿੱਚ 18600 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਆਉਣ ਵਾਲੇ 3 ਦਿਨਾਂ ‘ਚ ਹਿਮਾਚਲ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।