Site icon TheUnmute.com

Yoga Camp: ਸੀ.ਐਮ.ਦੀ ਯੋਗਸ਼ਾਲਾ ਤਹਿਤ ਮੋਹਾਲੀ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਯੋਗਾ ਕੈਂਪ ਲਗਾਏ

Yoga Camp

ਐੱਸ.ਏ.ਐੱਸ. ਨਗਰ, 19 ਜੂਨ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫ਼ਤ ਯੋਗਾ (Yoga Camp) ਦੀਆਂ ਕਲਾਸਾਂ ਚੱਲ ਰਹੀਆਂ ਹਨ।

ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ ਹੋਣ ਕਾਰਨ ਵਿਦਿਆਰਥੀਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਲੋਕਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ ਅਤੇ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਐੱਸ.ਏ.ਐੱਸ. ਨਗਰ ਜ਼ਿਲੇ ਵਿੱਚ 240 ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।

ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਇਸ ਸਕੀਮ ਦਾ ਲੋਕਾਂ ਨੂੰ ਕਾਫੀ ਫਾਇਦਾ ਮਿਲ ਰਿਹਾ ਹੈ। ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ।

ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ (Yoga Camp) ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਜ਼ਿਲ੍ਹੇ ਵਿੱਚ 45 ਯੋਗਾ ਕੋਚ ਉਪਲਬਧ ਹਨ।

ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਮੋਹਾਲੀ ਵਿੱਚ ਟ੍ਰੇਨਿੰਗ ਦੇ ਰਹੀ ਯੋਗਾ ਅਧਿਆਪਕਾ ਸ਼ੁਭਾਂਗੀ ਨੇ ਦੱਸਿਆ ਕਿ ਲੋਕਾਂ ਵਿੱਚ ਯੋਗਾ ਪ੍ਰਤੀ ਬਹੁਤ ਦਿਲਚਸਪੀ ਪਾਈ ਜਾ ਰਹੀ ਹੈ ਅਤੇ ਉਹ ਖੁਦ ਫ਼ੇਸ 3 ਬੀ 1, ਫ਼ੇਸ 5 ਅਤੇ 10 ਵਿਖੇ ਯੋਗਾ ਕਲਾਸਾਂ ਲਾ ਕੇ ਟ੍ਰੇਨਿੰਗ ਦੇ ਰਹੀ ਹੈ।

Exit mobile version