July 8, 2024 1:08 am
Balkar singh

ਨਗਰ ਨਿਗਮਾਂ ਤੇ ਨਗਰ ਕੌਂਸਲਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟਾਲਰੈਂਸ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ: ਬਲਕਾਰ ਸਿੰਘ

ਚੰਡੀਗੜ/ਜਲੰਧਰ, 02 ਜੂਨ 2023: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ (Balkar Singh) ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਸਾਰੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਜ਼ੀਰੋ ਟਾਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਪੰਜਾਬ ਦੀਆਂ ਸਾਰੀਆਂ ਸਥਾਨਕ ਸੰਸਥਾਵਾਂ ਵਿੱਚ ਸੁਚਾਰੂ ਅਤੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਨਾਲ ਸਥਾਨਕ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ‘ਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਵੱਛ ਪਾਣੀ, ਸਾਫ-ਸਫਾਈ, ਬਿਹਤਰ ਸੜਕੀ ਬੁਨਿਆਦੀ ਢਾਂਚਾ, ਸਟ੍ਰੀਟ ਲਾਈਟਿੰਗ ਵਰਗੇ ਲਾਭ ਦਿੱਤੇ ਜਾ ਸਕਣ।

ਉਨਾਂ ਕਿਹਾ ਕਿ ਜਲੰਧਰ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਵਿਸ਼ਵਾਸ਼ ਦਿਖਾਇਆ ਹੈ ਤੇ ਹੁਣ ਸਾਡਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚੋਂ ਇੱਕ ਬਣਾ ਕੇ ਜਲੰਧਰ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰੀਏ। ਉਨਾਂ ਇਹ ਵੀ ਦੱਸਿਆ ਕਿ ਇਸ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਆਉਣ ਲਈ ਜਲੰਧਰ ਵਿੱਚ ਕਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ । ਉਨਾਂ ਕਿਹਾ ਕਿ ਬਹੁਤ ਜਲਦ ਹੀ ਇਹ ਸਭ ਨੂੰ ਜ਼ਾਹਿਰ ਵੀ ਹੋ ਜਾਵੇਗਾ ਕਿ ਸਰਕਾਰ ਜਲੰਧਰ ਸ਼ਹਿਰ ਲਈ ਵੱਡੇ ਪ੍ਰੋਜੈਕਟ ਸੁਰੂ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ (Balkar Singh) ਦੇ ਸ਼ਹਿਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਗਾਰਡ ਆਫ ਆਨਰ ਦਿੱਤਾ ਜਦਕਿ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਨੇ ਸਥਾਨਕ ਸਰਕਟ ਹਾਊਸ ਵਿਖੇ ਮੰਤਰੀ ਦਾ ਸਵਾਗਤ ਕੀਤਾ ।

ਇਸ ਮੌਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜਲੰਧਰ ਜ਼ਿਲੇ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਹੈ, ਜਿਸ ਨਾਲ ਇਸ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਉਨਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਮੰਤਰੀ ਵਜੋਂ ਸ਼ਾਮਲ ਹੋਣ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਜਲੰਧਰ ਦੇ ਲੋਕਾਂ ਦੀਆਂ ਆਸਾਂ ’ਤੇ ਖਰੇ ਉਤਰਨਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਟੇਟ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਰਤਪਾਲ ਸਿੰਘ, ‘ਆਪ’ ਆਗੂ ਸੁਰਿੰਦਰ ਸਿੰਘ ਸੋਢੀ, ਦਿਨੇਸ਼ ਢੱਲ, ਮਹਿੰਦਰ ਭਗਤ ਆਦਿ ਹਾਜ਼ਰ ਸਨ।